A family shares a simple meal while a gentle mediator calms an angry disagreement

ਕਹਾਉਤਾਂ 15

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਨਰਮ ਜਵਾਬ ਗੁੱਸਾ ਮੋੜ ਸਕਦਾ, ਜਦਕਿ ਕਠੋਰ ਬੋਲੀ ਇਸ ਨੂੰ ਵਧਾਉਂਦੀ ਹੈ। ਯਹੋਵਾਹ ਹਰ ਥਾਂ ਵੇਖਦਾ ਤੇ ਖ਼ਾਲੀ ਰੀਤੀ ਤੋਂ ਵੱਧ ਸਿੱਧੀ ਪ੍ਰਾਰਥਨਾ ਨੂੰ ਕੀਮਤ ਦਿੰਦਾ; ਨਿਮਰ ਸੁਧਾਰ, ਸੋਚੇ ਸ਼ਬਦ ਤੇ ਪਿਆਰ ਥੋੜ੍ਹੀ ਭਰਪੂਰਤਾ ਨੂੰ ਵੀ ਕਾਫ਼ੀ ਬਣਾਉਂਦੇ ਹਨ।
ਨਰਮ ਬੋਲੀਸੁਧਾਰਪ੍ਰਾਰਥਨਾਨਿਮਰਤਾ
1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
2ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
3ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
4ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।
5ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
6ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।
7ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
8ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
9ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
10ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
11ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?
12ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
13ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
14ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
15ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
16ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
17ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
18ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
19ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
20ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
21ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
22ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
23ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
24ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
26ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
28ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
29ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।
30ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
31ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
32ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
33ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.